SliderUncategorizedपंजाब

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਜਲੰਧਰ, 2 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਦ੍ਰਿੜ ਵਚਨਬੱਧਤਾ ਦੁਹਰਾਈ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਨੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ, ਚੇਅਰਮੈਨ ਪੰਜਾਬ ਰਾਜ ਖਾਦੀ ਬੋਰਡ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ, ਮੇਅਰ ਵਿਨੀਤ ਧੀਰ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਨਾਮੁਰਾਦ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਨਸ਼ਿਆਂ ਨੂੰ ਖ਼ਤਮ ਕਰਨ ਦਾ ਤਹੱਈਆ ਕੀਤਾ ਹੋਇਆ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਣ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।

ਸ਼੍ਰੀ ਭਗਤ ਨੇ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਖਿਲਾਫ਼ ਲੜਾਈ ਵਿੱਚ ਨਿਭਾਈ ਜਾ ਰਹੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਹੋਰ ਡਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਜਿਥੇ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸ਼ੱਕੀ ਵਿਅਕਤੀਆਂ ਦੀ ਪਛਾਣ, ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪੁਲਿਸ ਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਵਿੱਚ ਵੀ ਮਹੱਤਵਪੂਰਣ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਇਸ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਨਾਲ ਬਿਹਤਰ ਤਾਲਮੇਲ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੱਧਰ ‘ਤੇ ਡੀ.ਐਸ.ਪੀਜ਼, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰਾਂ ਅਤੇ ਲੋਕ ਨੁਮਾਇੰਦਿਆਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾਣ ਅਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਤਾਲਮੇਲ ਵਾਲੇ ਯਤਨਾਂ ‘ਤੇ ਜ਼ੋਰ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਮੁੜ ਵਸੇਬਾ ਯਕੀਨੀ ਬਣਾਇਆ ਜਾ ਸਕੇ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਮੇਅਰ ਵਿਨੀਤ ਧੀਰ, ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਨੇ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੀ ਭਾਗੀਦਾਰੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਾਰੇ ਵਰਗਾਂ ਨੂੰ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਮੂਹਿਕ ਯਤਨਾਂ ਨਾਲ ਹੀ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਪੂਰਾ ਕੀਤਾ ਜਾ ਸਕਦਾ ਹੈ।

ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਪਿਛਲੇ ਦੋ ਮਹੀਨਿਆਂ ਜੁਲਾਈ ਤੇ ਅਗਸਤ ਦੌਰਾਨ 500 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ, ਜਿਲ੍ਹਾ ਇੰਚਾਰਜ (ਸ਼ਹਿਰੀ) ਸ਼ੈਂਕੀ ਭਗਤ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।

Related Articles

Back to top button