

ਚੰਡੀਗੜ੍ਹ, 8 ਸਤੰਬਰ 2026: ਸੰਗਰੂਰ ਵਾਸੀ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਗੰਭੀਰਤਾ ਦਿਖਾਉਂਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਜਵਾਬ ਤਲਬ ਕੀਤਾ ਹੈ। ਇਸ ਸਬੰਧੀ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ੍ਰੀ ਸ਼ੀਤਲ ਅੰਗੁਰਾਲ ਵੱਲੋਂ ਅੱਜ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਦੇ ਕੇ ਮਾਮਲੇ ਵਿੱਚ ਲਗਾਏ ਗਏ ਗੰਭੀਰ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਗਈ ਸੀ।
ਸ੍ਰੀ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ’ਤੇ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ, ਪੁਲਿਸ ਮਹਾਨਿਰਦੇਸ਼ਕ (ਡੀ.ਜੀ.ਪੀ.), ਡਿਪਟੀ ਕਮਿਸ਼ਨਰ ਸੰਗਰੂਰ ਅਤੇ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਸਬੰਧਤ ਅਧਿਕਾਰੀਆਂ ਨੂੰ ਨੋਟਿਸ ਪ੍ਰਾਪਤ ਹੋਣ ਦੇ ਪੰਜ ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।
ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਸੰਵਿਧਾਨ ਦੇ ਅਨੁਛੇਦ 338 ਤਹਿਤ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਮਾਮਲੇ ਦੀ ਜਾਂਚ/ਪੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਘਟਨਾਕ੍ਰਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।
ਸ੍ਰੀ ਅੰਗੁਰਾਲ ਨੇ ਕਿਹਾ, “ਮੈਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਸਾਹਮਣੇ ਗੁਲਜ਼ਾਰ ਸਿੰਘ ਦੀ ਮੌਤ ਨਾਲ ਜੁੜੇ ਗੰਭੀਰ ਦੋਸ਼ ਰੱਖਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਕਮਿਸ਼ਨ ਵੱਲੋਂ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਉੱਚ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਨਾ ਇਹ ਸਪੱਸ਼ਟ ਕਰਦਾ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।”
ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਪੂਰੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਅਤੇ ਸਬੰਧਤ ਅਧਿਕਾਰੀ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕਾਰਵਾਈ ਰਿਪੋਰਟ ਪੇਸ਼ ਕਰਨਗੇ।
ਸ੍ਰੀ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਇਸ ਮਾਮਲੇ ਨੂੰ ਪੂਰੀ ਮਜ਼ਬੂਤੀ ਨਾਲ ਉਠਾਇਆ ਜਾਂਦਾ ਰਹੇਗਾ।



