

ਜਲੰਧਰ, 9 ਸਤੰਬਰ : ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸ਼ੁਰੂ ਕੀਤੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਹਰ ਉਮਰ ਦੇ ਲੋਕਾਂ ਨੂੰ ਖੇਡ ਮੈਦਾਨਾਂ ਨਾਲ ਜੋੜਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2022 ਵਿੱਚ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜ਼ਨ ਦੀ ਸ਼ੁਰੂਆਤ ਕੀਤੀ ਗਈ ਸੀ। ਇਨ੍ਹਾਂ ਖੇਡਾਂ ਵਿੱਚ ਹੁਣ ਤੱਕ 5 ਲੱਖ ਖਿਡਾਰੀ ਹਿੱਸਾ ਲੈ ਚੁੱਕੇ ਹਨ ਅਤੇ ਇਸ ਸਾਲ 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਨੂੰ ਨਾ ਸਿਰਫ਼ ਸੂਬੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਹੈ ਸਗੋਂ ਦੂਜਿਆਂ ਸੂਬਿਆਂ ਵਿੱਚ ਵੀ ਇਸ ਦੀ ਸਫ਼ਲਤਾ ਦੇ ਚਰਚੇ ਹਨ।
ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ 2026 ਦਾ ਚੌਥਾ ਸੀਜ਼ਨ ਸ਼ੁਰੂ ਹੋ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਖੇਡਾਂ ਦਾ ਉਦਘਾਟਨ ਕੀਤਾ ਗਿਆ ਅਤੇ ਸਮਾਪਤੀ ਸਮਾਰੋਹ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗਾ।
ਸ਼੍ਰੀ ਟੀਨੂੰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਚੁੱਕੇ ਹਨ ਅਤੇ 10 ਸਤੰਬਰ ਨੂੰ ਆਦਮਪੁਰ ਤੇ ਭੋਗਪੁਰ ਬਲਾਕ ਵਿੱਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੀ ਵਿਸ਼ੇਸ਼ਤਾ ਹੈ ਕਿ ਇਨ੍ਹਾਂ ਖੇਡਾਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਉੱਪਰ ਕੋਈ ਵੀ ਖਿਡਾਰੀ ਭਾਗ ਲੈ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਟੈਨਿਸ ਬਾਲ ਕ੍ਰਿਕਟ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 13 ਹਜ਼ਾਰ ਦੇ ਕਰੀਬ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜ਼ਿਲ੍ਹੇ ਵਿੱਚ 50 ਹਜ਼ਾਰ ਖਿਡਾਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਵਿਭਾਗ ਦੇ ਪੋਰਟਲ https://sports.punjab.gov.in/login ’ਤੇ ਰਜਿਸਟ੍ਰੇਸ਼ਨ ਕਰਨ ਤੋਂ ਇਲਾਵਾ ਖੇਡਾਂ ਦੌਰਾਨ ਮੌਕੇ ’ਤੇ ਵੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮ ਵੀ ਦਿੱਤੇ ਜਾਣਗੇ।
ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਵੀ ਬੁਲੰਦੀਆਂ ’ਤੇ ਲਿਜਾਣ ਲਈ ਲਗਾਤਾਰ ਸੰਜੀਦਾ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੌਜਵਾਨਾਂ ਤੇ ਖਿਡਾਰੀਆਂ ਨੂੰ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।


