

ਜਲੰਧਰ, 9 ਸਤੰਬਰ : ਪੰਜਾਬ ਪੁਲਿਸ ਦੇ ਪਬਲਿਕ ਗ੍ਰੀਵੈਂਸ (ਸ਼ਿਕਾਇਤ ਨਿਵਾਰਣ) ਸਿਸਟਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੰਜਾਬ ਪੁਲਿਸ ਦੇ ਸਪੈਸ਼ਲ ਡੀ.ਜੀ.ਪੀ. ਏ.ਐਸ. ਰਾਏ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਮੀਨੀ ਪੱਧਰ ‘ਤੇ ਆ ਰਹੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਸਮੇਂ ਸਿਰ ਹੱਲ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ. (ਓਪਰੇਸ਼ਨ ਤੇ ਸਕਿਓਰਿਟੀ) ਸ਼੍ਰੀਮਤੀ ਡਾ. ਮਨਪ੍ਰੀਤ ਕੌਰ ਪੀ.ਪੀ.ਐਸ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਉਨ੍ਹਾਂ ਦੱਸਿਆ ਕਿ ਸੂਬੇ ਦੇ ਸ਼ਿਕਾਇਤ ਨਿਵਾਰਣ ਸਿਸਟਮ ਨੂੰ ਹੋਰ ਵੀ ਸੁਚਾਰੂ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਪੁਰਾਣੀ ਪ੍ਰਣਾਲੀ ਵਿੱਚ ਸੁਧਾਰ ਦੇ ਨਾਲ-ਨਾਲ ਦੂਜੇ ਰਾਜਾਂ ਦੇ ਸ਼ਿਕਾਇਤ ਨਿਵਾਰਣ ਸਿਸਟਮ ਵਿੱਚ ਕੀਤੇ ਗਏ ਸੁਧਾਰਾਂ ਦਾ ਵੀ ਅਧਿਐਨ ਕੀਤਾ ਜਾ ਰਿਹਾ ਹੈ ਤਾਂ ਜੋ ਸ਼ਿਕਾਇਤਕਰਤਾਵਾਂ ਦੀਆਂ ਸ਼ਿਕਾਇਤਾਂ ਦਾ ਜਲਦ ਅਤੇ ਸਮੇਂ ਸਿਰ ਨਿਪਟਾਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਸਿਸਟਮ ਨੂੰ ਇਸ ਢੰਗ ਨਾਲ ਅਪਡੇਟ ਕੀਤਾ ਜਾ ਰਿਹਾ ਹੈ ਕਿ ਸ਼ਿਕਾਇਤਕਰਤਾਂ ਨੂੰ ਇਸ ਸਬੰਧੀ ਨਾਲ ਦੀ ਨਾਲ ਜਾਣਕਾਰੀ ਮਿਲਦੀ ਰਹੇ ਕਿ ਉਸ ਦਾ ਕੇਸ ਕਿਸ ਪੱਧਰ ’ਤੇ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਇਕ ਤਾਂ ਸਮੇਂ ਦੀ ਬੱਚਤ ਹੋਵੇਗੀ ਦੂਜਾ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਖੱਜਲ-ਖੁਆਰੀ ਦੇ ਆਪਣੀ ਸ਼ਿਕਾਇਤ ਦੇ ਨਿਪਟਾਰੇ ਸਬੰਧੀ ਜਾਣਕਾਰੀ ਮਿਲਦੀ ਰਹੇਗੀ।
ਉਨ੍ਹਾਂ ਨੇ ਕਿਹਾ ਕਿ ਤਿਆਰ ਕੀਤੇ ਗਏ ਸਾਰੇ ਸੁਝਾਵਾਂ ਨੂੰ ਉੱਚ ਪੱਧਰ ’ਤੇ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਉਨ੍ਹਾਂ ਦੇ ਨਿਰਦੇਸ਼ਾਂ ਦੇ ਅਨੁਸਾਰ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਸਪੈਸ਼ਲ ਡੀ.ਜੀ.ਪੀ. ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜ਼ਮੀਨੀ ਪੱਧਰ ‘ਤੇ ਖੁਦ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਯਤਨ ਕਰਨ, ਇਸ ਦੇ ਨਾਲ ਲੋਕਾਂ ਵਿੱਚ ਪੁਲਿਸ ਤੇ ਕਾਨੂੰਨ ਪ੍ਰਤੀ ਵਿਸ਼ਵਾਸ ਮਜ਼ਬੂਤ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਾਂਝ ਕੇਂਦਰਾਂ ਵਿੱਚ ਮਹਿਲਾ ਮਿੱਤਰ ਕਾਂਸਟੇਬਲ ਦੀ ਪਹਿਲ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਸੰਵੇਦਨਸ਼ੀਲਤਾ ਨਾਲ ਸਮਝਣਾ ਅਤੇ ਉਨ੍ਹਾਂ ਨੂੰ ਬਿਹਤਰ ਸਹਾਇਤਾ ਪ੍ਰਦਾਨ ਕਰਨਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਪੁਲਿਸ ਅਤੇ ਆਮ ਜਨਤਾ ਵਿਚਕਾਰ ਵਿਸ਼ਵਾਸ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਵਿਚਕਾਰ ਭਰੋਸੇ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਗ੍ਰੀਵੈਂਸ ਸਿਸਟਮ ਅਧੀਨ ਆ ਰਹੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ। ਥਾਣਿਆਂ ਵਿੱਚ ਪੈਂਡਿੰਗ ਪਈਆਂ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਉੱਚ ਅਧਿਕਾਰੀਆਂ ਵੱਲੋਂ ਜਲਦ ਹੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ ਜਾਵੇਗੀ।


