
ਡਾ.ਚੱਬੇਵਾਲ ਨੇ ਫਗਵਾੜਾ ਵਿਖੇ ਐਸ.ਆਈ.ਆਰ ਕੈਂਪ ਦੌਰਾਨ ਲੋਕਾਂ ਨਾਲ ਕੀਤਾ ਰਾਬਤਾ

ਫਗਵਾੜਾ (ਸ਼ਿਵ ਕੌੜਾ) ਮੈਂਬਰ ਪਾਰਲੀਮੈਂਟ ਡਾ.ਰਾਜ ਕੁਮਾਰ ਚੱਬੇਵਾਲ ਨੇ ਸ਼ੁੱਕਰਵਾਰ ਨੂੰ ਤਹਿਸੀਲ ਕੰਪਲੈਕਸ, ਫਗਵਾੜਾ ਦਾ ਦੌਰਾ ਕੀਤਾ ਅਤੇ ਵੋਟਰ ਸੂਚੀਆਂ ਦੀ ਖਾਸ ਵਿਸ਼ੇਸ਼ ਸੁਧਾਈ ਮੁਹਿੰਮ ਦੇ ਹਿੱਸੇ ਵਜੋਂ ਲਗਾਏ ਗਏ ਕੈਂਪ ਦੌਰਾਨ ਲੋਕਾਂ ਨਾਲ ਗੱਲਬਾਤ ਕੀਤੀ। ਗੱਲਬਾਤ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਐਸ.ਆਈ.ਆਰ ਪ੍ਰਕਿਰਿਆ ਅਤੇ ਨੋਟਿਸ ਜਾਰੀ ਕੀਤੇ ਗਏ ਵੋਟਰਾਂ ਵੱਲੋਂ ਦਸਤਾਵੇਜ਼ ਜਮ੍ਹਾਂ ਕਰਵਾਉਣ ਸਬੰਧੀ ਫੀਡਬੈਕ ਲਈ। ਡਾ.ਚੱਬੇਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਂਦੇ ਸਮੇਂ ਵੋਟਰਾਂ ਨੂੰ ਕਿਸੇ ਕਿਸਮ ਦੀ ਦਰਪੇਸ਼ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇ ਅਤੇ ਇਹ ਪ੍ਰਕਿਰਿਆ ਸੁਚਾਰੂ, ਪਾਰਦਰਸ਼ੀ ਅਤੇ ਸੁਖਾਲੇ ਢੰਗ ਨਾਲ ਨੇਪਰੇ ਚਾੜ੍ਹੀ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਵੋਟਰਾਂ ਦੇ ਸਵਾਲਾਂ ਅਤੇ ਸ਼ੰਕਿਆਂ ਦਾ ਨਿਪਟਾਰਾ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਲੋੜੀਂਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਵਿੱਚ ਉਨ੍ਹਾਂ ਦੀ ਮਦਦ ਕਰਨ ਦੀ ਵੀ ਅਪੀਲ ਕੀਤੀ।



