Sliderपंजाब

‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 14 ਅਕਤੂਬਰ ਨੂੰ

ਜਲੰਧਰ, 7 ਅਕਤੂਬਰ : ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਪਹਿਲਕਦਮੀ ਤਹਿਤ ਜ਼ਿਲ੍ਹਾ ਪੱਧਰੀ ਵਿਸ਼ੇਸ਼ ਕੈਂਪ 14 ਅਕਤੂਬਰ ਨੂੰ ਸਥਾਨਕ ਰੈੱਡ ਕਰਾਸ ਭਵਨ ਵਿਖੇ ਲਗਾਇਆ ਜਾ ਰਿਹਾ ਹੈ।

ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਨੇ ਕੈਂਪ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਇਸ ਵਿਸ਼ੇਸ਼ ਕੈਂਪ ਵਿੱਚ 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਇਕੋ ਛੱਤ ਹੇਠ ਮੁਫ਼ਤ ਸਿਹਤ ਜਾਂਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ, ਵਿੱਤੀ ਸਾਖ਼ਰਤਾ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜ਼ਨ ਕਾਰਡ ਨਾਲ ਸਬੰਧਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਬਜ਼ੁਰਗਾਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਕੈਂਪ ਦੌਰਾਨ ਮੁਫ਼ਤ ਯੋਗਾ ਸਿਖ਼ਲਾਈ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕੈਂਪ ਵਿੱਚ ਬਜ਼ੁਰਗਾਂ ਦੀ ਸਹੂਲਤ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਕੈਂਪ ਵਿੱਚ ਸ਼ਾਮਲ ਹੋਣ ਵਾਲੇ ਬਜ਼ੁਰਗਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ, ਜਿਸ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਬਲਾਕ ਪੱਧਰ ’ਤੇ ਵੀ ਅਜਿਹੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਬਜ਼ੁਰਗਾਂ ਦੀ ਭਲਾਈ ਲਈ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਾਰੇ ਵਿਭਾਗਾਂ ਨੂੰ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ, ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ ਤੋਂ ਇਲਾਵਾ ਸਿਹਤ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Related Articles

Back to top button