Sliderपंजाब

ਕੰਨਿਆ ਭਰੂਣ ਹੱਤਿਆ ਸਮਾਜਿਕ ਬੁਰਾਈ, ਇਸਨੂੰ ਖਤਮ ਕਰਨ ਲਈ ਹਰ ਵਰਗ ਨੂੰ ਦੇਣਾ ਚਾਹੀਦਾ ਸਹਿਯੋਗ : ਸਿਵਲ ਸਰਜਨ ਡਾ. ਰਾਜੇਸ਼ ਗਰਗ

ਜਲੰਧਰ (08-10-2026) : ਸਿਵਲ ਸਰਜਨ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਜਿਲ੍ਹਾ ਐਡਵਾਇਜ਼ਰੀ ਕਮੇਟੀ (ਪੀ.ਸੀ.-ਪੀ.ਐੱਨ.ਡੀ.ਟੀ.) ਦੀ ਮੀਟਿੰਗ ਵੀਰਵਾਰ ਨੂੰ ਸਿਵਲ ਸਰਜਨ ਦਫਤਰ ਵਿਖੇ ਹੋਈ। ਮੀਟਿੰਗ ਦੌਰਾਨ ਸਕੈਨ ਸੈਂਟਰਾਂ ਦੀ ਨਵੀਂ ਰਜਿਸਟ੍ਰੇਸ਼ਨ ਅਤੇ ਰੀਨਿਉਲ ਲਈ ਪ੍ਰਾਪਤ ਪ੍ਰਤੀ ਬੇਨਤੀਆਂ ਉੱਤੇ ਆਧਾਰਿਤ ਏਜੰਡਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ, ਮੈਡੀਕਲ ਸਪੈਸ਼ਲਿਸਟ ਡਾ. ਅਭਿਨਵ ਸ਼ੂਰ, ਡਾ. ਜਸ਼ਨ ਐਮ ਓ ਗਾਇਨੀ , ਡਾ. ਮੋਹਿਤ ਬੱਚਿਆਂ ਦੇ ਰੋਗਾਂ ਦੇ ਮਾਹਿਰ, ਸਹਾਇਕ ਜਿਲ੍ਹਾ ਅਟਾਰਨੀ ਸ੍ਰੀ ਗਗਨਦੀਪ ਸਿੰਘ, ਰਮਨਪ੍ਰੀਤ ਕੌਰ ਸੋਸ਼ਲ ਵਰਕਰ, ਡਿਪਟੀ ਐਮ.ਈ.ਆਈ.ਓ. ਅਸੀਮ ਸ਼ਰਮਾ, ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰੀਆ ਮੌਜੂਦ ਸਨ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਖਤਮ ਕਰਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ। ਸਿਹਤ ਵਿਭਾਗ ਜਿਲ੍ਹੇ ਵਿੱਚ ਪੀ.ਸੀ.- ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕਰਨ ਦੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਰੂਣ ਦੇ ਲਿੰਗ ਦੀ ਜਾਂਚ ਕਰਵਾਉਣਾ/ਕਰਨਾ ਗੈਰਕਾਨੂੰਨੀ ਹੈ ਅਤੇ ਇਸ ਜ਼ੁਰਮ ਵਿੱਚ ਪਾਏ ਗਏ ਦੋਸ਼ੀਆਂ ਖਿਲਾਫ ਪੀ.ਸੀ. – ਪੀ.ਐਨ.ਡੀ.ਟੀ. ਐਕਟ ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਨਵੇਂ ਸਕੈਨ ਸੈਂਟਰ ਖੋਲਣ ਲਈ 2 ਪ੍ਰਤੀ-ਬੇਨਤੀਆਂ ਪ੍ਰਾਪਤ ਹੋਈਆਂ ਹਨ। ਜਿਨ੍ਹਾਂ ਨੂੰ ਦਸਤਾਵੇਜ ਵਾਚਣ ਉਪਰੰਤ ਕਮੇਟੀ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਉਣ ‘ਤੇ ਮੰਜੂਰੀ ਦਿੱਤੀ ਗਈ। ਇਸ ਤੋਂ ਇਲਾਵਾ ਸਕੈਨ ਸੈਂਟਰਾਂ ਵਲੋਂ ਰਜਿਸਟ੍ਰੇਸ਼ਨ ਰੀਨਿਊ ਕਰਾਉਣ ਲਈ 42 ਪ੍ਰਤੀ-ਬੇਨਤੀਆਂ ਪ੍ਰਾਪਤ ਹੋਈਆਂ ਹਨ। ਜਿਨ੍ਹਾਂ ਨੂੰ ਦਸਤਾਵੇਜ ਵਾਚਣ ਉਪਰੰਤ ਕਮੇਟੀ ਮੈਂਬਰਾਂ ਵੱਲੋਂ ਸਹਿਮਤੀ ਪ੍ਰਗਟਾਉਣ ‘ਤੇ ਮੰਜੂਰੀ ਦਿੱਤੀ ਗਈ।

Related Articles

Back to top button