Sliderपंजाब

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਖ਼ਬਰ ਬੇਹੱਦ ਦੁਖਦਾਈ ਤੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ: ਸੁਖਮਿੰਦਰ ਸਿੰਘ ਰਾਜਪਾਲ

ਅੱਜ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੀ ਖ਼ਬਰ ਬੇਹੱਦ ਦੁਖਦਾਈ ਅਤੇ ਚਿੰਤਾਜਨਕ ਹੈ। ਇਸ ਖ਼ਬਰ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਹ ਸਿਰਫ਼ ਇੱਕ ਪਰਿਵਾਰ ਦਾ ਘਾਟਾ ਨਹੀਂ, ਸਗੋਂ ਸਮੁੱਚੇ ਪੰਜਾਬ ਲਈ ਇੱਕ ਵੱਡਾ ਦੁੱਖ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪਰਵਿੰਦਰ ਸਿੰਘ ਝੋਟਾ ਲਗਾਤਾਰ ਨਸ਼ਿਆਂ ਦੇ ਮੁੱਦੇ ’ਤੇ ਆਵਾਜ਼ ਬੁਲੰਦ ਕਰ ਰਹੇ ਸਨ। ਉਹ ਵੱਖ-ਵੱਖ ਥਾਵਾਂ ’ਤੇ ਨਸ਼ਾ ਵਿਕਣ ਦੇ ਮਾਮਲੇ ਉਠਾਉਂਦੇ ਅਤੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਰਹੇ। ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਨਸ਼ਿਆਂ ਦਾ ਫੈਲਾਅ ਇੱਕ ਗੰਭੀਰ ਸਮਾਜਿਕ ਸੰਕਟ ਬਣ ਚੁੱਕਾ ਹੈ। ਘਰ-ਘਰ ਨਸ਼ਾ ਪਹੁੰਚਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ, ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਪਰਿਵਾਰ ਆਪਣੇ ਪੁੱਤਾਂ ਨੂੰ ਗੁਆ ਰਹੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਆਪਣੇ ਵਾਅਦੇ ਨੂੰ ਪੂਰਾ ਕਰਨ ਵਿੱਚ ਕਿੰਨੀ ਸਫ਼ਲ ਰਹੀ ਹੈ, ਇਹ ਇੱਕ ਵੱਡਾ ਸਵਾਲ ਹੈ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੇ ਖ਼ਾਤਮੇ ਦੇ ਵਾਅਦੇ ਨਾਲ ਸੱਤਾ ਵਿੱਚ ਆਈ ਸੀ, ਪਰ ਅੱਜ ਵੀ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਬਣੀ ਹੋਈ ਹੈ। ਸਰਕਾਰ ਨੂੰ ਸਿਰਫ਼ ਬਿਆਨਾਂ, ਸਿਆਸੀ ਤੰਜਾਂ ਅਤੇ ਵਿਰੋਧੀਆਂ ’ਤੇ ਨਿਸ਼ਾਨੇ ਸਾਧਣ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਪੰਜਾਬ ਦੀਆਂ ਮਾਵਾਂ ਦੇ ਪੁੱਤਾਂ ਨੂੰ ਨਸ਼ਿਆਂ ਤੋਂ ਨਹੀਂ ਬਚਾ ਸਕਦੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਨਹੀਂ ਪਾ ਸਕਦੀ, ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਣਾ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਵਿਰੁੱਧ ਨਿਰਪੱਖ ਕਾਰਵਾਈ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿਵਾਈ ਜਾਵੇ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਠੋਸ ਕਦਮ ਚੁੱਕੇ ਜਾਣ।
ਸੁਖਮਿੰਦਰ ਸਿੰਘ ਰਾਜਪਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਿਰਫ਼ ਨਾਅਰੇ ਨਹੀਂ, ਸਗੋਂ ਇਮਾਨਦਾਰ ਇਰਾਦੇ, ਜਵਾਬਦੇਹੀ ਅਤੇ ਸਖ਼ਤ ਕਾਰਵਾਈ ਦੀ ਲੋੜ ਹੈ
ਸੁਖਮਿੰਦਰ ਸਿੰਘ ਰਾਜਪਾਲ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਅਤੇ ਮਾਵਾਂ ਦੇ ਪੁੱਤਾਂ ਦੀਆਂ ਜਾਨਾਂ ਬਚਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੈਤਿਕਤਾ ਦੇ ਆਧਾਰ ’ਤੇ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਨਹੀਂ ਬਚਾ ਸਕਦੀ, ਉਸ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ ਹੈ।

Related Articles

Back to top button