ਜਲੰਧਰ (26.11.2024): ਸਿਵਲ ਸਰਜਨ ਡਾ. ਗੁਰਮੀਤ ਲਾਲ ਦੀ ਅਗਵਾਈ ਅਤੇ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਚੋਪੜਾ ਦੀ ਦੇਖਰੇਖ ਹੇਠ ਜਿਲ੍ਹੇ ਵਿੱਚ 25 ਤੋਂ 30 ਨਵੰਬਰ ਤੱਕ “ਵਿਸ਼ੇਸ਼ ਟੀਕਾਕਰਨ ਹਫ਼ਤਾ” ਮਨਾਇਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਗੁਰਮੀਤ ਲਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਿਸ਼ੇਸ਼ ਟੀਕਾਕਰਨ ਹਫ਼ਤੇ ਤਹਿਤ ਨਵਜਨਮੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਪ੍ਰਵਾਸੀ ਪਰਿਵਾਰਾਂ ਦੀ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਸੁਨਿਸ਼ਚਿਤ ਕੀਤਾ ਜਾਵੇਗਾ।

ਡਾ. ਗੁਰਮੀਤ ਲਾਲ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਗਰਭਵਤੀ ਔਰਤਾਂ ਅਤੇ ਟੀਕਾਕਰਨ ਤੋਂ ਕਿਸੇ ਕਾਰਨਾਂ ਕਰਕੇ ਵਾਂਝੇ ਰਹਿ ਗਏ ਨਵਜਨਮੇ ਬੱਚੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀ ਭਾਲ ਕਰਕੇ ਉਨ੍ਹਾਂ: ਦਾ ਟੀਕਾਕਰਨ ਸੁਨਿਸ਼ਚਿਤ ਕਰਨਾ ਅਤੇ 100 ਫੀਸਦ ਰੂਟੀਨ ਟੀਕਾਕਰਨ ਨੂੰ ਯਕੀਨੀ ਬਣਾ ਕੇ ਜੱਚਾ-ਬੱਚਾ ਮੌਤ ਦਰ ਨੂੰ ਘਟਾਉਣਾ ਹੈ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੋਲੀਓ, ਤਪਦਿਕ, ਗਲਘੋਟੂ, ਦਸਤ, ਖਸਰਾ ਅਤੇ ਰੂਬੇਲਾ, ਦਿਮਾਗੀ ਬੁਖਾਰ, ਪੀਲੀਆ, ਕਾਲੀ ਖੰਘ, ਨਿਮੋਨੀਆ ਅਤੇ ਅੰਧਰਾਤੇ ਵਰਗੀਆਂ ਬਿਮਾਰੀਆਂ ਤੋਂ ਬਚਾਅ ਲਈ ਸੰਪੂਰਨ ਟੀਕਾਕਰਨ ਜ਼ਰੂਰੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਗਰਭਵਤੀ ਔਰਤਾਂ ਤੇ ਬੱਚਿਆਂ ਦਾ ਟੀਕਾਕਰਨ ਸੰਪੂਰਨ ਕਰਨ ਲਈ ਇਸ ਮੁਹਿੰਮ ਦਾ ਪੂਰਾ ਲਾਭ ਉਠਾਉਣ। ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਹਦਾਇਤ ਦਿੰਦਿਆਂ ਕਿਹਾ ਗਿਆ ਨਵਜਨਮੇ ਤੋਂ ਲੈ ਕੇ 5 ਸਾਲ ਤੱਕ ਦੀ ਉਮਰ ਦਾ ਕੋਈ ਵੀ ਬੱਚਾ ਅਤੇ ਕੋਈ ਵੀ ਗਰਭਵਤੀ ਔਰਤ ਟੀਕਾਕਰਨ ਤੋਂ ਵਾਂਝੀ ਨਾ ਰਹੇ, ਇਸਨੂੰ 100 ਫੀਸਦ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਕੰਮਲ ਟੀਕਾਕਰਨ ਸਰੀਰ ਵਿੱਚ ਰੋਗਾਂ ਨਾਲ ਲੜਨ ਦੀ ਸਮਰਥਾ ਨੂੰ ਵਧਾਉਂਦਾ ਹੈ ਅਤੇ ਰੋਕਥਾਮ-ਯੋਗ ਬਿਮਾਰੀਆਂ ਦੇ ਵਿਰੁੱਧ ਸੁਰੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਹੁੰਦਾ ਹੈ।

ਜਿਲ੍ਹਾ ਟੀਕਾਕਰਨ ਅਫ਼ਸਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਕਿਸੇ ਕਾਰਨਾਂ ਕਰਕੇ ਟੀਕਾਕਰਨ ਤੋਂ ਵਾਂਝੇ ਰਹਿ ਗਏ 5 ਸਾਲ ਤੱਕ ਦੀ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਲਿਸਟਾਂ ਤਿਆਰ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦਾ ਟੀਕਾਕਰਨ ਸੁਨਿਸ਼ਚਿਤ ਕਰਨ ਲਈ ਜਿਲ੍ਹੇ ਵਿੱਚ ਸਿਹਤ ਵਿਭਾਗ ਵੱਲੋਂ 294 ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 1048 ਬੱਚਿਆਂ ਅਤੇ 136 ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ ਹੈ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।