ਚੰਡੀਗੜ੍ਹ, 29 ਨਵੰਬਰ
ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਸਿਫਰ ਕਾਲ ਦੌਰਾਨ ਬੋਲਦਿਆਂ ਸਾਰੀਆਂ ਸਵੈ-ਸਹਾਇਤਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ ਕਿਸਾਨ ਕਰਜ਼ਾ ਮੁਆਫੀ ਸਕੀਮ ਨੂੰ ਲਾਗੂ ਕਰਨ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਹੁਣ ਤੱਕ ਕਰਜ਼ਾ ਮੁਆਫੀ ਦਾ ਲਾਭ ਨਹੀਂ ਮਿਲਿਆ ਹੈ ਅਤੇ ਸਰਕਾਰ ਨੂੰ ਇਹਨਾਂ ਸਭਾਵਾਂ ਨਾਲ ਜੁੜੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ੇ ਤੁਰੰਤ ਮੁਆਫ ਕਰਨੇ ਚਾਹੀਦੇ ਹਨ।
ਵਿਧਾਇਕ ਵਿਕਰਮਜੀਤ ਚੌਧਰੀ ਨੇ ਵਿਧਾਨ ਸਭਾ ਵਿੱਚ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਸੱਤਾ ਵਿੱਚ ਸੀ ਤਾਂ ਸਰਕਾਰ ਨੇ ਲੱਖਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਸਨ। ਉਹਨਾਂ ਨੇ ਸਵੈ-ਸਹਾਇਤਾ ਸਹਿਕਾਰੀ ਸਭਾਵਾਂ ਨੂੰ ਕਰਜ਼ਾ ਮੁਆਫੀ ਸਕੀਮ ਵਿੱਚ ਸ਼ਾਮਲ ਕਰਨ ਲਈ ਇੱਕ ਵਫ਼ਦ ਦੇ ਨਾਲ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਚੰਨੀ ਨੇ ਕਰਜ਼ਾ ਮੁਆਫੀ ਦਾ ਐਲਾਨ ਕੀਤਾ ਸੀ ਪਰ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਸਕੀਮ ਦਾ ਫਾਇਦਾ ਲੋਕਾਂ ਤੱਕ ਨਹੀਂ ਪਹੁੰਚਿਆ।
ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਸਰਕਾਰ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਗਰੀਬ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਰਾਹਤ ਪ੍ਰਦਾਨ ਕੀਤੀ ਜਾਵੇ।
ਜ਼ਿਕਰਯੋਗ ਹੈ ਕਿ ਵਿਧਾਇਕ ਵਿਕਰਮਜੀਤ ਚੌਧਰੀ ਨੇ ਇਸ ਸਾਲ ਮਾਰਚ ਮਹੀਨੇ ‘ਚ ਵੀ ਵਿਧਾਨ ਸਭਾ ‘ਚ ਇਸ ਮੁੱਦੇ ‘ਤੇ ਇੱਕ ਸਵਾਲ ਉਠਾਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਉਦੋਂ ਕਿਹਾ ਸੀ ਕਿ ਅਜਿਹੀਆਂ ਖੇਤੀਬਾੜੀ ਸਭਾਵਾਂ ਦੇ ਮੈਂਬਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਫੈਸਲਾ ਆਉਣ ਵਾਲੇ ਸਮੇਂ ਵਿੱਚ ਸੂਬਾ ਸਰਕਾਰ ਵੱਲੋਂ ਲਿਆ ਜਾਵੇਗਾ। ਵਿਧਾਇਕ ਚੌਧਰੀ ਨੇ ਅਫਸੋਸ ਜ਼ਾਹਿਰ ਕੀਤਾ ਕਿ ਸਰਕਾਰ ਨੇ ਭਰੋਸਾ ਦੇਣ ਦੇ ਬਾਵਜੂਦ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਣਦਾ ਲਾਭ ਨਹੀਂ ਦਿੱਤਾ।