ਜਲੰਧਰ,8 ਅਪ੍ਰੈਲ ( ) ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਵਲੋਂ ਅੱਜ ਜਲੰਧਰ ਸ਼ਹਿਰ ਚ ਰੈਲੀ ਅਤੇ ਮੁਜ਼ਾਹਰਾ ਕਰਕੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ,ਸਿਆਸੀ ਕਾਰਕੁੰਨਾ ਅਤੇ ਝੂਠੇ ਕੇਸਾਂ ਚ ਜੇਲੀਂ ਬੰਦ ਕੀਤੇ ਬੁੱਧੀਜੀਵੀਆਂ, ਲੇਖਕਾਂ,ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਕਾਰਕੁੰਨਾ ਨੂੰ ਤੁਰੰਤ ਰਿਹਾਅ ਕਰਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ , ਦੇਸ਼ ਧਰੋਹੀ , ਨੈਸ਼ਨਲ ਸਕਿਊਰਟੀ ਐਕਟ, ਅਫਜਪਾ, ਕਸ਼ਮੀਰ ਪਬਲਿਕ ਸੇਫਟੀ ਐਕਟ ਨੂੰ ਰੱਦ ਕਰਨ ਲਈ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਪਾਰਟੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਮੁਕੱਦਮਿਆਂ ਵਿੱਚ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਸਮੇਤ ਸਿਆਸੀ ਕੈਦੀਆਂ ਨੂੰ ਜਾਣਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਸਗੋਂ ਹਿੰਦੂਤਵੀ ਫਾਸ਼ੀਵਾਦੀ ਏਜੰਡੇ ਨੂੰ ਅੱਗੇ ਵਧਾਉਂਦੇ ਹੋਏ ਆਰ ਐੱਸ ਐੱਸ ਭਾਜਪਾ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸਿਆਸੀ ਕਾਰਕੁੰਨਾ, ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ, ਜਮਹੂਰੀ ਹੱਕਾਂ ਦੇ ਰਾਖੇ ਕਾਰਕੁੰਨਾ ਆਦਿ ਨੂੰ ਬਿਨਾਂ ਮੁਕੱਦਮੇ ਚਲਾਇਆਂ ਬੇਬੁਨਿਆਦ ਸੰਗੀਨ ਧਾਰਾਵਾਂ ਲਾ ਕੇ ਸਾਲਾਂਬੱਧੀ ਜੇਲਾਂ ’ਚ ਡੱਕ ਦਿੱਤਾ ਗਿਆ ਹੈ।
ਪਾਰਟੀ ਨੇ ਕਿਹਾ ਕਿ ਸਜ਼ਾ ਭੁਗਤ ਚੁੱਕੇ ਸਿੱਖ ਕੈਦੀਆਂ ਸਮੇਤ ਸਿਆਸੀ ਕਾਰਕੁੰਨਾਂ, ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਅਤੇ ਜਮਹੂਰੀ ਹੱਕਾਂ ਲਈ ਲੜਨ ਵਾਲੇ ਕਾਰਕੁੰਨਾਂ ਨੂੰ ਫੌਰੀ ਰਿਹਾਅ ਕੀਤਾ ਜਾਣਾ ਚਾਹੀਦਾ ਹੈ।
ਉਨਾਂ ਕਿਹਾ ਕਿ ਲੋਕ ਵਿਰੋਧੀ ਕਾਲੇ ਕਾਨੂੰਨਾਂ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ , ਦੇਸ਼ ਧਰੋਹੀ , ਨੈਸ਼ਨਲ ਸਕਿਊਰਟੀ ਐਕਟ, ਅਫਜਪਾ, ਕਸ਼ਮੀਰ ਪਬਲਿਕ ਸੇਫਟੀ ਐਕਟ ਦੀ ਦੁਰਵਰਤੋਂ ਕਰਕੇ ਲੋਕਾਂ ਦੀ ਹੱਕੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ ਅਤੇ ਵਿਰੋਧ ਕਰਨ ਵਾਲਿਆਂ ਨੂੰ ਜੇਲਾਂ ਵਿੱਚ ਸੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਹੁਣ ਵੀ ਕੇਂਦਰ ਦੀ ਫਿਰਕੂ ਫਾਸ਼ੀਵਾਦੀ ਸਰਕਾਰ ਦੇਸ਼ ਭਰ ਵਿੱਚ ਫਿਰਕੂ ਤਣਾਅ ਪੈਦਾ ਕਰ ਰਹੀ ਹੈ। ਵੱਖ-ਵੱਖ ਭਾਈਚਾਰਿਆਂ ਨੂੰ ਧਰਮਾਂ ਦੇ ਨਾਮ ’ਤੇ ਲੜਾਇਆ ਜਾ ਰਿਹਾ ਹੈ। ਖਾਸਕਰ ਘੱਟ ਗਿਣਤੀ ਮੁਸਲਮਾਨ ਭਾਈਚਾਰੇ ਖਿਲਾਫ ਉਨਾਂ ਦੀਆਂ ਮਸਜਿਦਾਂ ਅਤੇ ਉਨ੍ਹਾਂ ਦੇ ਰਿਹਾਇਸ਼ੀ ਇਲਾਕਿਆਂ ਚ ਭਗਵਾਂ ਬ੍ਰਿਗੇਡ ਵਲੋਂ ਹਥਿਆਰਾਂ ਨੂੰ ਲਹਿਰਾਉਣਾ ਉਨਾਂ ਚ ਸਹਿਮ ਦਾ ਮਾਹੌਲ ਪੈਦਾ ਕਰਨ ਲਈ ਕੀਤਾ ਜਾ ਰਿਹਾ ਹੈ। ਇੱਥੇ ਹੀ ਲੋਕਾਂ ਦੇ ਹੱਕ ਚ ਆਵਾਜ਼ ਉਠਾਉਣ ਵਾਲਿਆਂ ਖਿਲਾਫ ਸੰਗੀਨ ਧਾਰਾਵਾਂ ਤੇ ਜੇਲ੍ਹਾਂ ਹਨ ਦੂਜੇ ਪਾਸੇ ਇਕ ਮੰਦਿਰ ਦੇ ਪੁਜਾਰੇ ਵਲੋਂ ਪਹਿਲਾਂ ਹੈਦਰਾਬਾਦ ਤੇ ਹੁਣ ਦਿੱਲੀ ਚ ਮੁਸਲਿਮ ਭਾਈਚਾਰੇ ਨੂੰ ਖਤਮ ਕਰਨ ਲਈ ਹਥਿਆਰ ਚੁੱਕਣ ਵਰਗੇ ਉਕਸਾਊ ਭਾਸ਼ਣ ਦੇਣ ਤੇ ਕੋਈ ਸਖਤ ਸਜ਼ਾ ਨਹੀਂ। ਇੱਥੇ ਹੀ ਬੱਸ ਨਹੀਂ ਮੱਧ ਪ੍ਰਦੇਸ਼ ਚ ਭਾਜਪਾ ਮੰਤਰੀ ਦੇ ਖ਼ਿਲਾਫ਼ ਖਬਰ ਲਗਾਉਣ ਵਾਲੇ ਪੱਤਰਕਾਰਾਂ ਨੂੰ ਥਾਣੇ ਚ ਕੱਪੜੇ ਲੁਹਾ ਕੇ ਜਲੀਲ ਕਰਨਾ ਅਤੇ ਯੂਪੀ ਚ ਪੇਪਰ ਲੀਕ ਕਰਨ ਵਾਲਿਆਂ ਖਿਲਾਫ ਕੋਈ ਕਾਰਵਾਈ ਨਹੀਂ ਉਲਟਾ ਇਸਦੀ ਖ਼ਬਰ ਲਾਉਣ ਵਾਲੇ ਪੱਤਰਕਾਰ ਨੂੰ ਗਿਰਫ਼ਤਾਰ ਕਰਨਾ ਅਤਿ ਨਿੰਦਣਯੋਗ ਹੈ। ਉਨ੍ਹਾਂ ਹਿੰਦੂਤਵੀ ਫਾਸ਼ੀਵਾਦੀ ਹਮਲਿਆਂ ਅਤੇ ਇਸਦੇ ਖਾਤਮੇ ਖਿਲਾਫ਼ ਆਵਾਜ਼ ਬੁਲੰਦ ਕਰਨੀ ਹੋਵੇਗੀ।
ਇਸ ਮੌਕੇ ਪਾਰਟੀ ਆਗੂ ਹੰਸ ਰਾਜ ਪੱਬਵਾਂ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਮੱਖਣ ਸਿੰਘ ਕੰਦੋਲਾ ਆਦਿ ਨੇ ਵੀ ਸੰਬੋਧਨ ਕੀਤਾ।