ਜਲੰਧਰ, 2 ਮਈ

ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਨੇ ਅੱਜ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਪਣੇ ਅਦਾਰਿਆਂ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਐਸ.ਸੀ. ਵਿਦਿਆਰਥੀਆਂ ਨੂੰ ਇਸ ਸਕੀਮ ਦਾ ਬਣਦਾ ਲਾਭ ਦਿੱਤਾ ਜਾ ਸਕੇ।

ਜ਼ਿਕਰਯੋਗ ਹੈ ਕਿ ਵਿਦਿਆਰਥੀ ਜਥੇਬੰਦੀ ਦੇ ਆਗੂਆਂ ਵੱਲੋਂ ਕੁਝ ਵਿੱਦਿਅਕ ਅਦਾਰਿਆਂ ਵੱਲੋਂ ਪੋਸਟ ਮੈਟ੍ਰਿਕ ਸਕੀਮ ਦੀਆਂ ਹਦਾਇਤਾਂ ਦੀ ਉਲੰਘਣਾ ਅਤੇ ਡਿਗਰੀ ਜਾਰੀ ਨਾ ਕਰਨ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਕੀਤੀ ਗਈ ਸੀ। ਸ਼ਿਕਾਇਤ ਦਾ ਨੋਟਿਸ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਪ੍ਰਿੰਸੀਪਲਾਂ/ਨੁਮਾਇੰਦਿਆਂ ਦੀ ਮੀਟਿੰਗ ਸੱਦੀ ਗਈ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ ਨੇ ਕਿਹਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦਾ ਹੱਕ ਹੈ। ਇਸ ਲਈ ਇਹ ਯਕੀਨੀ ਬਣਾਇਆ ਜਾਵੇ ਕਿ ਅਨੁਸੂਚਿਤ ਜਾਤੀ ਦੇ ਸਮੁੱਚੇ ਵਿਦਿਆਰਥੀ ਆਪਣੇ ਕੋਰਸਾਂ ਨੂੰ ਬਿਨਾਂ ਕਿਸੇ ਮੁਸ਼ਕਿਲ ਤੋਂ ਸੁਚਾਰੂ ਢੰਗ ਨਾਲ ਪੂਰਾ ਕਰ ਸਕਣ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦਿਸ਼ਾ-ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤਹਿਤ ਹਰੇਕ ਵਿੱਦਿਅਕ ਅਦਾਰਾ ਸਰਕਾਰ ਵੱਲੋਂ ਤੈਅ ਫੀਸ ਲੈਣ ਲਈ ਪਾਬੰਦ ਹੈ ਅਤੇ ਇਸ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕੋਈ ਵਿੱਦਿਅਕ ਅਦਾਰਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਇਹ ਵੀ ਕਿਹਾ ਕਿ ਫੀਸ ਨਾ ਭਰ ਸਕਣ ਕਾਰਨ ਜੇਕਰ ਡਿਗਰੀ ਮੁਕੰਮਲ ਕਰ ਚੁੱਕੇ ਕਿਸੇ ਵਿਦਿਆਰਥੀ ਦੀ ਡਿਗਰੀ ਜਾਰੀ ਕਰਨ ’ਤੇ ਅਦਾਰੇ ਵੱਲੋਂ ਰੋਕ ਲਗਾਈ ਜਾਂਦੀ ਹੈ ਤਾਂ ਇਸ ਸਬੰਧੀ ਜ਼ਿਲ੍ਹਾ ਭਲਾਈ ਅਫ਼ਸਰ ਪਾਸ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨ੍ਹਾਂ ਇਸ ਮੌਕੇ ਵਿੱਦਿਅਕ ਸੰਸਥਾਵਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਦੀ ਨਿਯਮਾਂ ਅਨੁਸਾਰ ਬਣਦੀ ਘੱਟੋ-ਘੱਟ ਹਾਜ਼ਰੀ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ।

ਵਧੀਕ ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਫ਼੍ਰੀਸ਼ਿਪ ਕਾਰਡ ਜਾਰੀ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਯੋਗ ਵਿਦਿਆਰਥੀ ਇਸ ਪੋਰਟਲ ‘ਤੇ ਜਾ ਕੇ ਆਨਲਾਈਨ ਫ਼੍ਰੀਸ਼ਿਪ ਕਾਰਡ ਲਈ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ ਜਾਂ ਸਰਪ੍ਰਸਤਾਂ ਦੀ ਸਾਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ ਅਤੇ ਉਹ 10ਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਜਾਂ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿਚ ਉਚੇਰੀ ਸਿੱਖਿਆ ਲੈਣ ਲਈ ਵਜ਼ੀਫ਼ੇ ਦੇ ਯੋਗ ਹਨ, ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐੱਸਸੀ ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫ਼੍ਰੀਸ਼ਿਪ ਕਾਰਡ ਜਾਰੀ ਕਰਨ ਲਈ ਵੈੱਬਸਾਈਟ http://www.scholarships.punjab.gov.in ‘ਤੇ ਡਾ. ਅੰਬੇਡਕਰ ਪੋਰਟਲ ਖੋਲ੍ਹਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਕੀਮ ਦੇ ਨਿਯਮਾਂ ਤਹਿਤ ਸਿਰਫ਼ ਨਵੇਂ ਵਿਦਿਆਰਥੀ ਹੀ ਪੋਰਟਲ ‘ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਵਿਦਿਆਰਥੀਆਂ ਦੇ ਫ੍ਰੀਸ਼ਿਪ ਕਾਰਡ ਬਣਵਾਉਣ ਵਿਚ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਇਸ ਸਬੰਧੀ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਕੋਈ ਵੀ ਵਿਦਿਆਰਥੀ ਫ੍ਰੀਸ਼ਿਪ ਕਾਰਡ ਬਣਵਾਉਣ ਤੋਂ ਵਾਂਝਾ ਨਾ ਰਹਿ ਸਕੇ।

ਇਸ ਮੌਕੇ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ, ਐਸ.ਡੀ.ਐਮ. ਬਲਬੀਰ ਰਾਜ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਨੁਮਾਇੰਦੇ ਅਤੇ ਵਿਦਿਆਰਥੀ ਆਗੂ ਮੌਜੂਦ ਸਨ।

Disclaimer : यह खबर उदयदर्पण न्यूज़ को सोशल मीडिया के माध्यम से प्राप्त हुई है। उदयदर्पण न्यूज़ इस खबर की आधिकारिक तौर पर पुष्टि नहीं करता है। यदि इस खबर से किसी व्यक्ति अथवा वर्ग को आपत्ति है, तो वह हमें संपर्क कर सकते हैं।